ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਦੀ ਰਸੋਈ ਵਿਚ ਗੈਸ ਸਿਲੰਡਰ ਫਟਣ ਨਾਲ ਪੰਜ ਜਣਿਆਂ ਦੇ ਗੰਭੀਰ ਜ਼ਖਮੀਂ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਦੇ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਗੁਰਦੁਅਰਾ ਸਾਹਿਬ ’ਚ ਸਿਲੰਡਰ ਫੱਟਣ ਕਾਰਨ ਹੋਏ ਵੱਡਾ ਧਮਾਕੇ ਅਤੇ ਅੱਗ ਲੱਗਣ ਕਾਰਨ 5 ਗੰਭੀਰ ਜ਼ਖਮੀਂ ਹੋ ਗਏ ਹਨ, ਜਿਨ੍ਹਾਂ ਦਾ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਸਾਰੇ ਸੇਵਾਦਾਰ ਸਰਕਾਰੀ ਸਕੂਲ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਹਾਦਸੇ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਸੋਮਿਆ ਮਿਸ਼ਰਾ ਆਪਣੇ ਹੋਰ ਪੁਲਿਸ ਅਧਿਕਾਰੀਆਂ ਸਮੇਤ ਗੁਰਦੁਆਰਾ ਸਾਹਿਬ ਪਹੁੰਚੇ ਤੇ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲੈ ਕੇ ਆਏ ਗੁਰਦੁਆਰੇ ਦੇ ਸੇਵਾਦਾਰ ਨੇ ਦੱਸਿਆ ਕਿ ਕੁਝ ਵਿਦਿਆਰਥੀ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਨਾਲ ਬਣੀ ਰਸੋਈ ਵਿਚ ਸੇਵਾ ਕਰਨ ਗਏ ਸਨ। ਇਸ ਦੌਰਾਨ ਅਚਾਨਕ ਅੱਗ ਲੱਗ ਗਈ, ਜਿਸ ਵਿਚ ਕੁਝ ਸੇਵਾਦਾਰ ਝੁਲਸ ਗਏ। ਜ਼ਖਮੀਆਂ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ ।