ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਕੇਜਰੀਵਾਲ ਵੱਲੋਂ ਕੋਰਟ ਵਿੱਚ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੁ ਸਿੰਘਵੀ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੀ ਅਪੀਲ ਕੀਤੀ। ਇਸ ‘ਤੇ ਕੋਰਟ ਨੇ ਕਿਹਾ ਕਿ ਅਸੀਂ ਕੋਈ ਅੰਤਰਿਮ ਜ਼ਮਾਨਤ ਨਹੀਂ ਦੇ ਸਕਦੇ।
ਦਰਅਸਲ, ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ CBI ਰਾਹੀਂ ਆਪਣੇ ‘ਤੇ ਦਰਜ ਕੀਤੇ ਗਏ ਕੇਸ ਵਿੱਚ ਜ਼ਮਾਨਤ ਦੇ ਲਈ ਸੁਪਰੀਮ ਕੋਰਟ ਪਹੁੰਚੇ ਹਨ। ਜਸਟਿਸ ਸੂਰਿਆਕਾਂਤ ਤੇ ਜਸਟਿਸ ਉਜਵੱਲ ਭੁਯਾਂਨ ਦੀ ਬੈਂਚ ਨੇ CBI ਨੂੰ ਨੋਟਿਸ ਜਾਰੀ ਕਰ ਕੇ ਉਸਦਾ ਜਵਾਬ ਮੰਗਿਆ ਹੈ। ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ।