ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂਕਿ ਫਿਲਮ ਦੀ ਰਿਲੀਜ਼ ‘ਚ ਸਿਰਫ 6 ਦਿਨ ਬਾਕੀ ਹਨ।
ਐਡਵੋਕੇਟ ਇਮਾਨ ਸਿੰਘ ਖਾਰਾ ਦੀ ਤਰਫੋਂ ਫ਼ਿਲਮ ਐਮਰਜੈਂਸੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੀ ਸੁਣਵਾਈ ਹਾਈਕੋਰਟ ਵਿੱਚ ਹੋਈ। ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਸੈਂਸਰ ਬੋਰਡ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਫ਼ਿਲਮ ਨੂੰ ਰਿਲੀਜ਼ ਕਰਨ ਦਾ ਸਰਟੀਫਿਕੇਟ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਜਵਾਬ ਮੁਤਾਬਕ ਫ਼ਿਲਮ ਖ਼ਿਲਾਫ਼ ਕਈ ਸ਼ਿਕਾਇਤਾਂ ਹਨ। ਸ਼ਿਕਾਇਤਾਂ ਸੁਣਨ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।
Sgpc ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਫਿਲਮ ਵਿੱਚ ਸਿੱਖਾਂ ਦੇ ਅਕਸ ਨੂੰ ਗ਼ਲਤ ਢੰਗ ਨਾਲ ਦਿਖਾਇਆ ਗਿਆ ਹੈ ‘ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ ਹੈ। ਫਿਲਮ ਦੇ ਟ੍ਰੇਲਰ ‘ਚ ਦਿਖਾਏ ਗਏ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਕਿਰਦਾਰ ‘ਤੇ ਇਤਰਾਜ਼ ਹੈ। ਫ਼ਿਲਮ ਦੇ ਕੰਟੈਂਟ ਦਾ ਮੁੱਦਾ ਹੈ। ਇਸ ਨੂੰ ਬਦਲਣਾ ਚਾਹੀਦਾ ਹੈ। ਸਿੱਖਾਂ ਬਾਰੇ ਗ਼ਲਤ ਬਿਆਨਬਾਜੀ ਹਟਾਈ ਜਾਵੇ। ਜਦੋਂ ਤੱਕ ਫ਼ਿਲਮ ਪੂਰੀ ਤਰ੍ਹਾਂ ਨਹੀਂ ਬਦਲ ਜਾਂਦੀ, ਉਦੋਂ ਤੱਕ ਇਸ ਨੂੰ ਨਹੀਂ ਚਲਾਇਆ ਜਾਣਾ ਚਾਹੀਦਾ।