ਪੰਜਾਬ ਦੀ ਖੇਤੀ ਨੀਤੀ ਖਿਲਾਫ਼ ਚੰਡੀਗੜ੍ਹ ਵਿੱਚ ਮਾਨ ਸਰਕਾਰ ਖਿਲਾਫ਼ ਧਰਨੇ ਦੇ ਰਹੇ ਕਿਸਾਨਾਂ ਅੱਜ ਆਪਣੀ ਸਟੇਜ ਤੋਂ ਵੱਡਾ ਐਲਾਨ ਕਰਨਗੇ। ਅੱਜ ਕਿਸਾਨ ਆਪਣੇ ਧਰਨੇ ਦੀ ਰੂਪ ਰੇਖਾ ਤੈਅ ਕਰਨਗੇ। ਵੈਸੇ ਕਿਸਾਨ ਜਥੇਬੰਦੀਆਂ ਨੇ ਆਪਣੇ ਪ੍ਰਦਰਸ਼ਨ ਦਾ ਸਮਾਂ 5 ਸਤੰਬਰ ਤੱਕ ਰੱਖਿਆ ਪਰ ਬੀਤੇ ਦਿਨ ਮਾਨ ਸਰਕਾਰ ਨਾਲ ਹੋਈ ਬੈਠਕ ਤੋਂ ਬਾਅਦ ਅੱਜ ਕਿਸਾਨ ਆਪਣਾ ਨਵਾਂ ਫੈਸਲਾ ਲੈਣਗੇ।
ਦਰਅਸਲ, ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਸ ਮੈਂਬਰੀ ਵਫਦ ਨਾਲ ਮੀਟਿੰਗ ਕੀਤੀ। ਬਾਅਦ ਦੁਪਹਿਰ ਪੰਜਾਬ ਭਵਨ ‘ਚ ਹੋਈ ਇਹ ਮੀਟਿੰਗ ਤਕਰੀਬਨ ਸਾਢੇ ਤਿੰਨ ਘੰਟੇ ਚੱਲੀ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਸਾਨ ਤੇ ਮਜ਼ਦੂਰ ਆਗੂਆਂ ਦੀਆਂ ਮੰਗਾਂ ਧਿਆਨ ਨਾਲ ਸੁਣੀਆਂ ਤੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਦਾ 1600 ਪੰਨਿਆ ਦਾ ਖਰੜਾ ਲਗਪਗ ਤਿਆਰ ਹੈ, ਜਿਸ ਨੂੰ 30 ਸਤੰਬਰ ਤੱਕ ਕਿਸਾਨ ਯੂਨੀਅਨਾਂ ਨਾਲ ਸਾਂਝਾ ਕੀਤਾ ਜਾਵੇਗਾ।
ਉਸ ਤੋਂ ਬਾਅਦ ਨਵੀਂ ਖੇਤੀ ਨੀਤੀ ਬਾਰੇ ਕਿਸਾਨਾਂ ਦੇ ਸੁਝਾਅ ਲਏ ਜਾਣਗੇ ਤੇ ਉਨ੍ਹਾਂ ਨੂੰ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨ ਤੇ ਮਜ਼ਦੂਰ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਲਈ ਜਦੋ ਜਹਿਦ ਕਰ ਰਹੇ ਕਿਸਾਨਾਂ ਨੂੰ ਰਾਹਤ ਦੇਣ ਲਈ ਯਕਮੁਸ਼ਤ ਨਿਬੇੜਾ ਸਕੀਮ (ਓਟੀਐੱਸ) ਸ਼ੁਰੂ ਕਰਨ ‘ਤੇ ਵੀ ਵਿਚਾਰ ਕਰ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਮੁਆਵਜ਼ੇ ਦੇ ਰੱਦ ਹੋਏ ਗਏ ਕੇਸਾਂ ਨੂੰ ਮੁੜ ਘੋਖੇਗੀ। ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਦੇ ਆਗੂਆ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਲਈ ਅਧਿਕਾਰੀਆਂ ਨੂੰ ਸੋਭਾਵਨਾ ਤਲਾਸ਼ਣ ਦੇ ਨਿਰਦੇਸ਼ ਦਿੱਤੇ।