ਕਾਂਗਰਸ ਨੇ ਹਰਿਆਣਾ ਵਿੱਚ ਪਹਿਲੀ ਲਿਸਟ ਕੀਤੀ ਜਾਰੀ, ਜਾਣੋ ਕਿਸ ਨੂੰ ਮਿਲੀ ਟਿਕਟ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਇਸ ਸੂਚੀ ਵਿੱਚ ਆਪਣੇ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਪਾਰਟੀ ‘ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੀਂਦ ਦੇ ਜੁਲਾਨਾ ਵਿਧਾਨ ਸਭਾ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਗੜ੍ਹੀ ਸਾਂਪਲਾ ਕਿਲੋਈ ਵਿਧਾਨ ਸਭਾ ਸੀਟ ਤੋਂ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਨੂੰ ਟਿਕਟ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਯਾਨੀਕਿ ਅੱਜ 6 ਸਤੰਬਰ ਨੂੰ ਨੂੰ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਦਾ ਪੱਲਾ ਫੜ ਲਿਆ। ਹੁਣ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪਹਿਲਵਾਨ ਵਿਨੇਸ਼ ਫੋਗਾਟ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਮੇਵਾ ਸਿੰਘ ਨੂੰ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਨੂੰ ਹੋਡਲ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ।

ਕਾਂਗਰਸ ਤੋਂ ਪਹਿਲਾਂ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ 67 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਇਸ ਵਿੱਚ ਭਾਜਪਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਲਾਡਵਾ ਵਿਧਾਨ ਸਭਾ ਸੀਟ ਤੋਂ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਅੰਬਾਲਾ ਛਾਉਣੀ ਤੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਦਸ ਦੇਈਏ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ। ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

Advertisement