ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਇੱਕ ਖੁਸ਼ਖਬਰੀ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅਨਾਜ ਦੀ ਲੋਡਿੰਗ ਅਤੇ ਅਨਲੋਡਿੰਗ ਲਈ ਮੰਡੀ ਲੇਬਰ ਚਾਰਜਿਜ਼ ਵਿੱਚ ਇੱਕ ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਲਈ ਇਹ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ‘ਤੇ 18 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਸਾਉਣੀ ਦੇ ਮੰਡੀਕਰਨ ਸੀਜ਼ਨ 2024-25 ਲਈ ਝੋਨੇ ਦੀ ਖਰੀਦ ਮੰਗਲਵਾਰ ਨੂੰ ਸ਼ੁਰੂ ਹੋ ਗਈ।
ਇਸ ਦੌਰਾਨ CM ਮਾਨ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਡੀਆਂ ਦਾ ਦੌਰਾ ਕਰਨ ਅਤੇ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਨੁਮਾਇੰਦੇ ਕਿਸਾਨਾਂ ਦੀ ਉਪਜ ਦੀ ਜਲਦੀ ਤੋਂ ਜਲਦੀ ਖਰੀਦ ਯਕੀਨੀ ਬਣਾਉਣ। CM ਮਾਨ ਨੇ ਕਿਹਾ ਕਿ ਸਮੁੱਚੀ ਪ੍ਰਕਿਰਿਆ ਨਿਰਵਿਘਨ ਅਤੇ ਮੁਸ਼ਕਲ ਰਹਿਤ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
CM ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਵਾਧਾ ਹੋਣ ਦੀ ਉਮੀਦ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ 185 ਲੱਖ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ।