ਪੰਜਾਬ ਦੇ ਕਿਸਾਨਾਂ ਲਈ ਜਾਰੀ ਹੋਈ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ ਹੈ। ਸੂਬੇ ਵਿੱਚ ਕੱਲ੍ਹ ਤੋਂ ਮੌਸਮ ਵਿਗੜ ਸਕਦਾ ਹੈ। ਇਸ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਤੋਂ ਇਲਾਵਾ ਮੰਡੀਆਂ ਅੰਦਰ ਵੀ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੌਸਮ ਵਿਭਾਗ ਦੇ ਅਲਰਟ ਮਗਰੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਮੌਸਮ ਵਿਭਾਗ ਨੇ 8 ਤੇ 9 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਵਿੱਚ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਦੇ ਦੱਖਣ-ਪੱਛਮ ਖੇਤਰ ਵਿੱਚ ਮੀਂਹ ਪੈ ਸਕਦਾ ਹੈ, ਜਦੋਂਕਿ ਹੋਰ ਖੇਤਰਾਂ ਵਿੱਚ ਮੌਸਮ ਖੁਸ਼ਕ ਰਹੇਗਾ। ਜੇ ਮੀਂਹ ਪਿਆ ਤਾਂ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। 

ਉਧਰ, ਖ਼ਿੱਤੇ ’ਚ ਮੀਂਹ ਪੈਣ ਦੀ ਪੇਸ਼ੀਨਗੋਈ ਨਾਲ ਕਿਸਾਨ ਫਿਕਰਾਂ ਵਿੱਚ ਪੈ ਗਏ ਹਨ। ਪੰਜਾਬ ਤੇ ਹਰਿਆਣਾ ਵਿੱਚ ਝੋਨੇ ਸਮੇਤ ਸਾਉਣੀ ਦੀਆਂ ਹੋਰ ਫ਼ਸਲਾਂ ਪੱਕ ਕੇ ਤਿਆਰ ਹੋ ਚੁੱਕੀਆਂ ਹਨ। ਜ਼ਿਆਦਾਤਰ ਥਾਵਾਂ ’ਤੇ ਝੋਨੇ ਦੀ ਕਟਾਈ ਦੇ ਨਾਲ ਨਾਲ ਫ਼ਸਲ ਮੰਡੀਆਂ ’ਚ ਆਉਣੀ ਸ਼ੁਰੂ ਹੋ ਗਈ ਹੈ। ਜੇ ਮੀਂਹ ਪਿਆ ਤਾਂ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ। ਮੰਡੀਆਂ ਵਿੱਚ ਪਈ ਫ਼ਸਲ ਦਾ ਵੀ ਨੁਕਸਾਨ ਹੋ ਸਕਦਾ ਹੈ। 

ਮੌਸਮ ਵਿਭਾਗ ਮੁਤਾਬਕ ਮੌਨਸੂਨ ਦੀ ਵਿਦਾਇਗੀ ਤੋਂ ਬਾਅਦ ਸੂਬੇ ਵਿੱਚ ਪਾਰਾ 38 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ 35.7 ਡਿਗਰੀ ਸੈਲਸੀਅਸ ਰਿਹਾ।

Advertisement