ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਚ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਈਡੀ ਦੇ ਧਿਆਨ ਵਿੱਚ ਆਏ।
ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਲਗਾਤਾਰ ਰਾਜ ਸਭਾ ਮੈਂਬਰ ਅਰੋੜਾ ਅਤੇ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।
ਦਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਭਾਰਤ ਭੂਸ਼ਣ ਆਸ਼ੂ ਈਡੀ ਦਫ਼ਤਰ ਪੁੱਜੇ ਸਨ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫ਼ਤਾਰ ਕੀਤਾ।