ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ, ਮੋਗਾ ਤੇ ਤਰਨਤਾਰਨ ਦੀਆਂ ਕੁਝ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਹੈ। ਇਸ ਸਬੰਧੀ ਮੰਗਲਵਾਰ ਨੂੰ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਦੂਜੇ ਪਾਸੇ ਦਾਇਰ 100 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਣਵਾਈ ਮੁਲਤਵੀ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਸੀ ਪਰ ਅਜੇ ਤੱਕ ਇਸ ਸਬੰਧੀ ਵਿਸਥਾਰਤ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਉਮੀਦ ਹੈ ਕਿ ਅੱਜ ਇਸ ਸਬੰਧੀ ਹੁਕਮ ਜਾਰੀ ਹੋ ਸਕਦੇ ਹਨ। ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੋਰਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ।
ਦਸ ਦੇਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ।