ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅਤਿਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ, ਜੋ ਕਤਲ ਦੀ ਸਾਜ਼ਿਸ਼ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ। ਇਸ ਤੋਂ ਬਾਅਦ ਅੱਜ ਪੁਲਿਸ ਨੇ ਇਸ ਕੇਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਨਾਮਜ਼ਦ ਕਰ ਲਿਆ ਹੈ।
ਪੰਜਾਬ ਦੇ ਡੀਜੀਪੀ ਨੇ ਕੱਲ੍ਹ ਆਖਿਆ ਸੀ ਕਿ ਜਾਂਚ ਦੌਰਾਨ ਦਰਜ ਕੀਤੇ ਗਏ ਕੁਝ ਬਿਆਨਾਂ ਅਨੁਸਾਰ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ਉਤੇ ਕੀਤਾ ਗਿਆ ਸੀ। ਗੁਰਪ੍ਰੀਤ ਸਿੰਘ ਦਾ ਨੌਂ ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਰਦਿਆਂ ਦੱਸਿਆ ਕਿ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਕਾਂਡ ਵਿਚ ਬਿਲਾਲ ਅਹਿਮਦ ਉਰਫ਼ ਫ਼ੌਜੀ, ਗੁਰਮਰਦੀਪ ਸਿੰਘ ਉਰਫ਼ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ਼ ਝੰਡੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੇ ਕਤਲ ਦਾ ਮਾਸਟਰਮਾਈਂਡ ਵਿਦੇਸ਼ ਆਧਾਰਿਤ ਗੈਂਗਸਟਰ ਅਰਸ਼ ਡੱਲਾ ਤੇ ਹੋਰ ਵਿਅਕਤੀ ਹਨ। ਕਤਲ ਨੂੰ ਅੰਜਾਮ ਦੇਣ ਲਈ ਵਿਦੇਸ਼ ਆਧਾਰਿਤ ਵੱਖ-ਵੱਖ ਸੰਚਾਲਕਾਂ ਦੇ ਵੱਖੋ-ਵੱਖਰੇ ਮਾਡਿਊਲਾਂ ਦੀ ਵਰਤੋਂ ਕੀਤੀ ਗਈ ਸੀ। ਅਪਰਾਧੀਆਂ ਵੱਲੋਂ ਸਾਜ਼ਿਸ਼ ਨੂੰ ਛੁਪਾਉਣ ਲਈ ਵੱਖੋ-ਵੱਖਰੇ ਮਾਡਿਊਲਾਂ ਨੂੰ ਵੱਖ-ਵੱਖ ਕੰਮ ਸੌਂਪੇ ਗਏ ਸਨ। ਗ੍ਰਿਫ਼ਤਾਰ ਕੀਤੇ ਤਿੰਨੋਂ ਵਿਅਕਤੀ ਰੇਕੀ ਕਰਨ ਵਾਲੇ ਮਾਡਿਊਲ ਦਾ ਹਿੱਸਾ ਸਨ, ਜਿਸ ਦਾ ਸੰਚਾਲਨ ਕੈਨੇਡਾ ਆਧਾਰਿਤ ਕਰਮਵੀਰ ਸਿੰਘ ਉਰਫ਼ ਗੋਰਾ ਵੱਲੋਂ ਕੀਤਾ ਜਾ ਰਿਹਾ ਸੀ। ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰ ਰਹੀਆਂ ਹਨ।