ਝੋਨੇ ਦੀ ਫਸਲ ਨੂੰ ਲੈ ਕੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ

ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਕਿਸਾਨਾਂ ਦੇ ਗੁੱਸੇ ਨੂੰ ਵੇਖਦਿਆਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਅਗਲੇ ਚਾਰ ਦਿਨਾਂ ਅੰਦਰ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਮਸਲਾ ਹੱਲ ਹੋ ਜਾਏਗਾ। ਇਸ ਨਾਲ ਮੰਡੀਆਂ  ਵਿੱਚ ਰੁਲ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ’ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਬਣੇ ਸੰਕਟ ਨੂੰ ਨਜਿੱਠਣ ਲਈ ਚਾਰ ਦਿਨਾਂ ਦੀ ਮੋਹਲਤ ਮੰਗੀ ਹੈ। ਬੁੱਧਵਾਰ ਨੂੰ ਕੇਂਦਰੀ ਖ਼ੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਸ਼ੈਲਰ ਮਾਲਕਾਂ ਨੇ ਕਿਹਾ ਕਿ ਜੇ ਕੇਂਦਰ ਨੇ ਫ਼ਸਲੀ ਖ਼ਰੀਦ ਤੇ ਲਿਫ਼ਟਿੰਗ ਦੇ ਹੱਲ ਲਈ ਦਖ਼ਲ ਨਾ ਦਿੱਤਾ ਤਾਂ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਹੁਣ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਜਾਵੇਗਾ, ਜਿਨ੍ਹਾਂ ਵੱਲੋਂ ਆਖ਼ਰੀ ਫ਼ੈਸਲਾ ਲਿਆ ਜਾਣਾ ਹੈ।

ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ’ਤੇ ਗੱਲ ਕੀਤੀ ਤੇ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਤੋਂ ਇਲਾਵਾ ਸੂਬੇ ਵਿੱਚੋਂ ਅਨਾਜ ਦੀ ਫ਼ੌਰੀ ਮੂਵਮੈਂਟ ਕਰਨ ਲਈ ਕਿਹਾ ਸੀ। ਉਸ ਤੋਂ ਪਹਿਲਾਂ ਹੀ ਕੇਂਦਰੀ ਖ਼ੁਰਾਕ ਮੰਤਰੀ ਨੇ ਸ਼ੈਲਰ ਮਾਲਕਾਂ ਨੂੰ ਮੀਟਿੰਗ ਲਈ ਸੱਦ ਲਿਆ ਸੀ। ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਤੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਵੀ ਮੀਟਿੰਗ ਵਿਚ ਸ਼ਾਮਲ ਹੋਏ। ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਤੇ ਪੰਜਾਬ ਰਾਜ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਸਣੇ ਹੋਰ ਆਗੂ ਵੀ ਸ਼ਾਮਲ ਹੋਏ।

Advertisement