ਪੰਜਾਬ ਵਿੱਚ ਹੋਏ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਹੁਣ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਏ ਹਨ। ਉਨ੍ਹਾਂ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਅੱਜ (21 ਨਵੰਬਰ) ਨੂੰ ਸੁਣਵਾਈ ਹੋਵੇਗੀ। ਉਨ੍ਹਾਂ ਨੂੰ ਅਗਸਤ ਵਿੱਚ ਪੁੱਛਗਿੱਛ ਲਈ ਜਲੰਧਰ ਸਥਿਤ ਈਡੀ ਦਫ਼ਤਰ ਲਿਜਾਇਆ ਗਿਆ ਸੀ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਦਸ ਦੇਈਏ ਕਿ ਜਲੰਧਰ ਈਡੀ ਦੀ ਟੀਮ ਨੇ ਅਗਸਤ ਮਹੀਨੇ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਤੋਂ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਪਹਿਲਾਂ ਈਡੀ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਸੀ। ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਸਨ।
ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਨੂੰ ਲੈ ਕੇ ਸਾਲ 2022 ‘ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਕੁਝ ਚੋਣਵੇਂ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲਾਏ ਸਨ। ਇਸ ਸਬੰਧੀ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮਨੀ ਲਾਂਡਰਿੰਗ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਕੁਰਕ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਲੁਧਿਆਣਾ, ਮੋਹਾਲੀ, ਖੰਨਾ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਸਥਿਤ ਅਚੱਲ ਜਾਇਦਾਦ ਅਤੇ ਐਫ.ਡੀ.ਆਰ, ਸੋਨੇ ਦੇ ਗਹਿਣੇ, ਸਰਾਫਾ ਅਤੇ ਬੈਂਕ ਖਾਤਿਆਂ ਦੇ ਰੂਪ ਵਿੱਚ ਚੱਲ ਜਾਇਦਾਦ ਸ਼ਾਮਲ ਹੈ।