ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਕਤਲ ਤੇ ਜਬਰ-ਜ਼ਿਨਾਹ ਦਾ ਕੇਸ ਦਰਜ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਉਸ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਲੜਕੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ। ਪੋਸਟਮਾਰਟਮ ਵਿਚ ਜ਼ਹਿਰ ਕਾਰਨ ਮੌਤ ਦਾ ਕਾਰਨ ਸਾਹਮਣੇ ਆਇਆ ਸੀ। ਇਹ ਲੜਕੀ ਕੈਥਲ ਤੋਂ ਪਰਿਵਾਰ ਨਾਲ ਇਥੇ ਆਈ ਸੀ। 22 ਅਪ੍ਰੈਲ 2012 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ।

ਦਸ ਦੇਈਏ ਕਿ ਸਾਲ 2012 ਵਿੱਚ ਪ੍ਰਮੇਸ਼ਰ ਦੁਆਰ ਇਕ ਲੜਕੀ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਵਾਬ ਤਲਬ ਕੀਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਨੀਅਰ ਆਈਪੀਐਸ ਦੀ ਅਗਵਾਈ ਵਾਲੀ ਸੀਬੀਆਈ ਜਾਂ ਐਸਆਈਟੀ ਰਾਹੀਂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।

Advertisement