ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ ਵਿੱਚ ਮੋਦੀ ਸਰਕਾਰ

ਕਿਸਾਨ ਅੰਦੋਲਨ ਨੂੰ ਮਿਲ ਰਹੇ ਹੁੰਗਾਰੇ ਤੋਂ ਸਰਕਾਰ ਮੁੜ ਘਬਰਾਉਣ ਲੱਗੀ ਹੈ। ਇੱਕ ਪਾਸੇ ਹਰਿਆਣਾ ਸਰਕਾਰ ਨੇ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਹੋਰ ਸਖਤੀ ਕਰ ਦਿੱਤੀ ਹੈ ਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਉਪਰ ਡਿਜ਼ੀਟਲ ਹਮਲਾ ਕੀਤਾ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਬਲੌਕ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਰਿਆਣਾ ਦੇ ਨਾਲ ਹੀ ਪੰਜਾਬ ਅੰਦਰ ਵੀ ਇੰਟਰਨੈੱਟ ਬੰਦ ਹੋਣ ਦੀਆਂ ਖਬਰਾਂ ਵੀ ਆ ਰਹੀਆਂ ਹਨ। 

ਦਸ ਦਈਏ ਕਿ ਪੰਜਾਬ ਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਲਈ 14 ਦਸੰਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨ ਦੋ ਵਾਰ ਦਿੱਲੀ ਲਈ ਰਵਾਨਾ ਹੋਏ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ਤੋਂ ਮੋੜ ਦਿੱਤਾ। ਸਰਕਾਰ ਨੂੰ ਖਦਸ਼ਾ ਹੈ ਕਿ ਇਸ ਵਾਰ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵਧ ਸਕਦੇ ਹਨ।

ਇਸ ਲਈ ਹਰਿਆਣਾ ਤੇ ਕੇਂਦਰ ਸਰਕਾਰਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦੇ ਸੋਸ਼ਲ ਮੀਡੀਆ ਅਕਾਉਂਟ ਬੰਦ ਹੋਣ ਲੱਗੇ ਹਨ। ਕਿਸਾਨ ਅੰਦੋਲਨ ਨਾਲ ਸਬੰਧਤ ਫੋਟੋਆਂ ਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ (ਐਕਸ, ਫੇਸਬੁੱਕ ਅਤੇ ਇੰਸਟਾਗ੍ਰਾਮ) ‘ਤੇ ਸ਼ੇਅਰ ਕਰਦੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਨਾਲ ਪਹੁੰਚ ਵੀ ਘਟ ਗਈ ਹੈ।

Advertisement