ਸ਼੍ਰੋਮਣੀ ਅਕਾਲੀ ਦਲ (SAD) ਨੇ 20 ਜਨਵਰੀ ਤੋਂ ਜੱਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ ਮੈਂਬਰਸ਼ਿਪ ਭਰਤੀ ਸ਼ੁਰੂ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਦਸ ਦਈਏ ਕਿ ਪਾਰਟੀ ਕੇਡਰ ਲਈ ਕਾਪੀਆਂ ਪ੍ਰਿੰਟ ਕਰਵਾਈਆਂ ਜਾ ਰਹੀਆਂ ਹਨ ਤੇ ਸੰਵਿਧਾਨਕ ਨਿਯਮਾਂ ਮੁਤਾਬਕ ਦਿਸ਼ਾ-ਨਿਰਦੇਸ਼ ਤੈਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਗੱਲ ਲਈ ਦ੍ਰਿੜ੍ਹ ਸੰਕਲਪ ਹੈ ਕਿ ਸਹੀ ਤਰੀਕੇ ਨਾਲ ਅਸਲ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇ ਤੇ ਮੁੱਖ ਚੋਣ ਅਫ਼ਸਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪਾਰਟੀ ਦੇ ਆਬਜ਼ਰਵਰ ਇਸ ਦੀ ਨਿਗਰਾਨੀ ਕਰਨਗੇ। ਤੈਅ ਕੀਤੇ ਗਏ ਆਬਜ਼ਰਵਰਾਂ ਲਈ ਇਕ ਸਿਖਲਾਈ ਸੈਸ਼ਨ ਰੱਖਿਆ ਜਾਵੇਗਾ। ਉਨ੍ਹਾਂ ਨੇ ਨਵੀਂ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਬਾਰੇ ਖਰੜੇ ’ਤੇ ਚਰਚਾ ਲਈ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀ ਮੰਗ ਕੀਤੀ ਹੈ।