SGPC ਨੂੰ ਝਟਕਾ! ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਰੱਦ

ਪੰਥਕ ਸਿਆਸਤ ਨਿੱਤ ਨਵੀਂ ਕਰਵਟ ਲੈ ਰਹੀ ਹੈ। ਅਜਿਹੇ ਸਭ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਕਸੂਤੀ ਬਣ ਗਈ ਹੈ। ਆਲ ਇੰਡੀਆ ਪੰਥਕ ਕਨਵੈਨਸ਼ਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਅਕਾਲੀ ਦਲ ਦੀ ਨਵੀਂ ਭਰਤੀ ਦਾ ਮਾਮਲਾ ਮੁੜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਗਿਆ ਹੈ। 

ਦਰਅਸਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁੱਧਵਾਰ ਨੂੰ ਆਲ ਇੰਡੀਆ ਪੰਥਕ ਕਨਵੈਨਸ਼ਨ ਕਰਵਾਈ ਗਈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿੱਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਹੋਈ ਕਨਵੈਨਸ਼ਨ ਵਿੱਚ ਅੱਧੀ ਦਰਜਨ ਦੇ ਕਰੀਬ ਮਤੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਗਏ। ਪਹਿਲੇ ਮਤੇ ਰਾਹੀਂ ਅਕਾਲ ਤਖ਼ਤ ਵੱਲੋਂ ਦੋ ਦਸੰਬਰ ਨੂੰ ਸੁਣਾਏ ਗਏ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕਰਵਾਉਣ ਦੀ ਹਮਾਇਤ ਕੀਤੀ ਗਈ। ਦੂਜੇ ਮਤੇ ਰਾਹੀਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਗਿਆ ਤੇ ਉਨ੍ਹਾਂ ਨੂੰ ਵਿਸ਼ਵ ਭਰ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਮੁਹਿੰਮ ਜਾਰੀ ਰੱਖਣ ਦੀ ਅਪੀਲ ਕੀਤੀ ਗਈ। 

ਦਸ ਦੇਈਏ ਕਿ ਤੀਜੇ ਮਤੇ ਰਾਹੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਸਰਨਾ ਭਰਾਵਾਂ ਵੱਲੋਂ ਮਾਣ ਸਨਮਾਨ ਕਰਨ ਦੀ ਨਿਖੇਧੀ ਕੀਤੀ ਗਈ ਤੇ ਸਹੁੰ ਚੁੱਕੀ ਗਈ ਕਿ ਇਸ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੱਕ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਸੰਘਰਸ਼ ਜਾਰੀ ਰੱਖੇਗੀ। ਚੌਥੇ ਮਤੇ ਰਾਹੀਂ ਵਿਸ਼ਵ ਪੱਧਰ ’ਤੇ ਸਿੱਖਾਂ ਦੀ ਤਾਲਮੇਲ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਗਈ। ਇਹ ਵੀ ਕਿਹਾ ਗਿਆ ਕਿ ਜਥੇਦਾਰਾਂ ਦੀ ਨਿਯੁਕਤੀ ਲਈ ਨਿਯਮ ਬਣਾਏ ਜਾਣ। ਇਕ ਹੋਰ ਮਤੇ ਰਾਹੀਂ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਖ਼ਿਲਾਫ਼ ਕੇਸਾਂ ਵਿੱਚ ਚਾਰਜਸ਼ੀਟ ਦਾਇਰ ਕਰਨ ਦਾ ਸਵਾਗਤ ਕੀਤਾ ਗਿਆ ਤੇ ਸੰਗਤ ਨੂੰ ਅਪੀਲ ਕੀਤੀ ਗਈ ਕਿ ਅਜਿਹੇ ਲੋਕਾਂ ਨੂੰ ਮੂੰਹ ਨਾ ਲਗਾਇਆ ਜਾਵੇ।

Advertisement