ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਮੁੱਖ ਮੰਤਰੀ ਕੇਜਰੀਵਾਲ ਦੀ ਸਿਹਤ ਜਾਂਚ ਲਈ ਅੰਤਰਿਮ ਜ਼ਮਾਨਤ ਦੀ ਮਿਆਦ 7 ਦਿਨ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਜਸਟਿਸ ਏਐਸ ਓਕ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਨੇ ਕਿਹਾ ਕਿ ਸੀਜੇਆਈ ਅੰਤਰਿਮ ਜ਼ਮਾਨਤ ਵਧਾਉਣ ਲਈ ਮੁੱਖ ਮੰਤਰੀ ਕੇਜਰੀਵਾਲ ਦੀ ਪਟੀਸ਼ਨ ਨੂੰ ਸੂਚੀਬੱਧ ਕਰਨ ‘ਤੇ ਢੁਕਵਾਂ ਫੈਸਲਾ ਲਵੇਗਾ ਕਿਉਂਕਿ ਮੁੱਖ ਕੇਸ ਦਾ ਫੈਸਲਾ ਰਾਖਵਾਂ ਹੈ। ਅਦਾਲਤ ਨੇ ਪਟੀਸ਼ਨ ਦਾਇਰ ਕਰਨ ਵਿੱਚ ਹੋ ਰਹੀ ਦੇਰੀ ਬਾਰੇ ਵੀ ਸਵਾਲ ਉਠਾਏ ਹਨ। ਬੈਂਚ ਨੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਸਿੰਘਵੀ ਨੂੰ ਪੁੱਛਿਆ ਕਿ ਜਦੋਂ ਪਿਛਲੇ ਹਫ਼ਤੇ ਚੀਫ਼ ਬੈਂਚ ਦੇ ਜੱਜ ਜਸਟਿਸ ਦੱਤਾ ਬੈਠੇ ਸਨ ਤਾਂ ਕੇਜਰੀਵਾਲ ਦੀ ਪਟੀਸ਼ਨ ਦਾ ਜ਼ਿਕਰ ਕਿਉਂ ਨਹੀਂ ਕੀਤਾ ਗਿਆ।