MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੂੰ 25 ਮਾਰਚ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਸੁਰੱਖਿਆ ਕਾਰਨਾਂ ਕਰਕੇ ਅਜਨਾਲਾ ਕੋਰਟ ਵਿੱਚ ਸਵੇਰ ਤੋਂ ਹੀ ਪੁਲਿਸ ਫੋਰਸ ਤਾਇਨਾਤ ਸੀ। ਸਵੇਰੇ 10 ਵਜੇ ਅਦਾਲਤ ਖੁੱਲ੍ਹਣ ਤੋਂ ਦੋ ਘੰਟੇ ਪਹਿਲਾਂ ਪੁਲਿਸ ਸਵੇਰੇ 8 ਵਜੇ ਅੰਮ੍ਰਿਤਪਾਲ ਦੇ ਸਾਥੀਆਂ ਨਾਲ ਅਦਾਲਤ ਵਿੱਚ ਪੁੱਜੀ। ਸੁਰੱਖਿਆ ਕਾਰਨਾਂ ਕਰਕੇ ਕਿਸੇ ਨੂੰ ਵੀ ਅਦਾਲਤ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਮੀਡੀਆ ਨੂੰ ਵੀ ਅਦਾਲਤੀ ਕੰਪਲੈਕਸ ਤੋਂ ਦੂਰ ਰੱਖਿਆ ਗਿਆ।  ਪੁਲਿਸ ਨੇ ਇਸ ਦੌਰਾਨ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਵੱਲੋਂ ਉਸ ਨੂੰ ਸਿਰਫ਼ 4 ਦਿਨ ਦਾ ਰਿਮਾਂਡ ਦਿੱਤਾ ਗਿਆ। ਪੁਲਿਸ ਦਾ ਤਰਕ ਸੀ ਕਿ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹਥਿਆਰ ਬਰਾਮਦ ਕੀਤੇ ਜਾਣੇ ਹਨ। ਇੰਨਾ ਹੀ ਨਹੀਂ ਮੋਬਾਈਲ ਫੋਨ ਵੀ ਬਰਾਮਦ ਕੀਤੇ ਜਾਣੇ ਹਨ ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ NSA ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਨ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਨੂੰ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ 6 ਦਿਨ ਪਹਿਲਾਂ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚੋਂ ਵਾਪਸ ਪੰਜਾਬ ਲਿਆਈ।

Advertisement