ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।

ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਨੇ ਸ਼ਿਕਾਇਤ ਦਿੱਤੀ ਸੀ, ਜਿਸ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਸ੍ਰ: ਗੁਰਪ੍ਰੀਤ ਸਿੰਘ ਸਪੁੱਤਰ ਸ੍ਰ: ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ `ਤੇ ਦੀਰਘ ਵਿਚਾਰ ਵਟਾਂਦਰਾ ਕੀਤਾ ਗਿਆ।
ਇੱਕਤਰਤਾ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਸ. ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।